ਸੰਧਿਆ ਵੇਲੇ ਦਾ ਹੁਕਮਨਾਮਾ – 7 ਮਈ 2024
ਅੰਗ : 683
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
ਅਰਥ: ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥
🙏🙏eh Akal Purakh Waheguru Jio Tusi Sab Kan Kan Wich Smay Ho Sab Aap Hi Karn Krawan Wale Sab Kush Aap Hi Ho Waheguru Ji🙏🙏