ਸੰਧਿਆ ਵੇਲੇ ਦਾ ਹੁਕਮਨਾਮਾ – 14 ਸਤੰਬਰ 2025
ਅੰਗ : 675
ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥
ਅਰਥ: ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥
sat nam shri wahe guru mehar kre ji Sat shari akal ji
Waheguru ji