धनासरी महला ३ ॥ सदा धनु अंतरि नामु समाले ॥ जीअ जंत जिनहि प्रतिपाले ॥ मुकति पदारथु तिन कउ पाए ॥ हरि कै नामि रते लिव लाए ॥१॥ गुर सेवा ते हरि नामु धनु पावै ॥ अंतरि परगासु हरि नामु धिआवै ॥ रहाउ ॥ इहु हरि रंगु गूड़ा धन पिर होइ ॥ सांति सीगारु रावे प्रभु सोइ ॥ हउमै विचि प्रभु कोइ न पाए ॥ मूलहु भुला जनमु गवाए ॥२॥ गुर ते साति सहज सुखु बाणी ॥ सेवा साची नामि समाणी ॥ सबदि मिलै प्रीतमु सदा धिआए ॥ साच नामि वडिआई पाए ॥३॥ आपे करता जुगि जुगि सोइ ॥ नदरि करे मेलावा होइ ॥ गुरबाणी ते हरि मंनि वसाए ॥ नानक साचि रते प्रभि आपि मिलाए ॥४॥३॥
हे भाई! नाम धन को अपने अंदर संभाल कर रख। उस परमात्मा का नाम (ऐसा) धन (है जो) सदा साथ निभाता है, जिस परमात्मा ने सारे जीवों की पलना (करने की जिम्मेदारी ली हुई है। हे भाई! विकारों से खलासी करने वाला नाम धन उन मनुखों को मिलता है, जो सुरत जोड़ के परमात्मा के नाम (-रंग) में रंगे रहते हैं॥१॥ हे भाई! गुरु की (बताई) सेवा करने से (मनुख) परमात्मा का नाम-धन हासिल कर लेता है। जो मनुख परमात्मा का नाम सुमिरन करता है, उस के अंदर (आत्मिक जीवन की)समझ पैदा हो जाती है॥रहाउ॥ हे भाई! प्रभु-पति (के प्रेम) का यह गहरा रंग उस जिव स्त्री को चदता है, जो (आत्मिक) शांति को (अपने जीवन का) आभूषण बनाती है, वह जिव इस्त्री उस प्रभु को हर समय हृदय में बसाये रखती है। परन्तु अहंकार में (रह के) कोई भी जीव परमात्मा को नहीं मिल सकता। अपने जीवन दाते को भुला हुआ मनुख अपना मनुखा जन्म व्यर्थ गवा लेता है॥२॥ हे भाई! गुरू से (मिली) बाणी की बरकति से आत्मिक शांति प्राप्त होती है, आत्मिक अडोलता का आनंद मिलता है। (गुरू की बताई हुई) सेवा सदा साथ निभने वाली चीज है (इसकी बरकति से परमात्मा के) नाम में लीनता हो जाती है। जो मनुष्य गुरू के शबद में जुड़ा रहता है, वह प्रीतम प्रभू को सदा सिमरता रहता है, सदा-स्थिर प्रभू के नाम में लीन हो के (परलोक में) इज्जत कमाता है।3। जो करतार हरेक युग में खुद ही (मौजूद चला आ रहा) है, वह (जिस मनुष्य पर मेहर की) निगाह करता है (उस मनुष्य का उससे) मिलाप हो जाता है। वह मनुष्य गुरू की बाणी की बरकति से परमात्मा को अपने मन में बसा लेता है। हे नानक! जिन मनुष्यों को प्रभू ने खुद (अपने चरणों में) मिलाया है, वह उस सदा-स्थिर (के प्रेम रंग) में रंगे रहते हैं।4।3।
ਅੰਗ : 664
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
ਅਰਥ : ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।
रागु सोरठि बाणी भगत कबीर जी की घरु १ जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥ देहुरी लउ बरी नारि संगि भई आगै सजन सुहेला ॥ मरघट लउ सभु लोगु कुट्मबु भइओ आगै हंसु अकेला ॥३॥ कहतु कबीर सुनहु रे प्रानी परे काल ग्रस कूआ ॥ झूठी माइआ आपु बंधाइआ जिउ नलनी भ्रमि सूआ ॥४॥२॥
अर्थ: राग सोरठि, घर १ में भगत कबीर जी की बाणी। (मरने के बाद) अगर शरीर (चित्ता में) जलाया जाए तो वह राख हो जाता है, अगर (कबर में) टिका रहे तो चींटियों का दल इस को खा जाता है। (जैसे) कच्चे घड़े में पानी पड़ता है (और घड़ा गल कर पानी बाहर निकल जाता है उसी प्रकार स्वास ख़त्म हो जाने पर शरीर में से भी जिंद बाहर निकल जाती है, सो,) इस शरीर का इतना सा ही मान है (जितना कच्चे घड़े का) ॥१॥ हे भाई! तूँ किस बात के अहंकार में भरा फिरता हैं ? तुझे वह समय क्यों भूल गया है जब तूँ (माँ के पेट में) दस महीने उल्टा टिका रहा था ॥१॥ रहाउ ॥ जैसे मक्खी (फूलों का) रस जोड़ जोड़ कर शहद इकट्ठा करती है, उसी प्रकार मूर्ख व्यक्ति उत्तसुक्ता कर कर के धन जोड़ता है (परन्तु आखिर वह बेगाना ही हो गया)। मौत आई, तो सब यही कहते हैं – ले चलो, ले चलो, अब यह बीत चूका है, बहुता समय घर रखने से कोई लाभ नहीं ॥२॥ घर की (बाहरी) दहलीज़ तक पत्नी (उस मुर्दे के) साथ जाती है, आगे सज्जन मित्र चुक लेते हैं, श्मशान तक परिवार के बन्दे और अन्य लोग जाते हैं, परन्तु परलोक में तो जीव-आत्मा अकेली ही जाती है ॥३॥ कबीर जी कहते हैं – हे बन्दे! सुन, तूँ उस खूह में गिरा पड़ा हैं जिस को मौत ने घेरा हुआ है (भावार्थ, मौत अवश्य आती है)। परन्तु, तूँ अपने आप को इस माया से बाँध रखा है जिस से साथ नहीं निभना, जैसे तोता मौत के डर से अपने आप को नलनी से चंबोड रखता है (टिप्पणी: नलनी साथ चिंबड़ना तोते की फांसी का कारण बनता, माया के साथ चिंबड़े रहना मनुष्य की आत्मिक मौत का कारण बनता है) ॥४॥२॥
ਅੰਗ : 654
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
ਅਰਥ : ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥
ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥
सोरठि महला १ ॥ जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अम्रित रसन हरे ॥ बूडे भारे भै बिना पिआरे तारे नदरि करे ॥१॥ भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ ॥ सालाही सालाहणा पिआरे दूजा अवरु न कोइ ॥ मेरे प्रभ सालाहनि से भले पिआरे सबदि रते रंगु होइ ॥ तिस की संगति जे मिलै पिआरे रसु लै ततु विलोइ ॥२॥ पति परवाना साच का पिआरे नामु सचा नीसाणु ॥ आइआ लिखि लै जावणा पिआरे हुकमी हुकमु पछाणु ॥ गुर बिनु हुकमु न बूझीऐ पिआरे साचे साचा ताणु ॥३॥ हुकमै अंदरि निमिआ पिआरे हुकमै उदर मझारि ॥ हुकमै अंदरि जमिआ पिआरे ऊधउ सिर कै भारि ॥ गुरमुखि दरगह जाणीऐ पिआरे चलै कारज सारि ॥४॥ हुकमै अंदरि आइआ पिआरे हुकमे जादो जाइ ॥ हुकमे बंन्हि चलाईऐ पिआरे मनमुखि लहै सजाइ ॥ हुकमे सबदि पछाणीऐ पिआरे दरगह पैधा जाइ ॥५॥ हुकमे गणत गणाईऐ पिआरे हुकमे हउमै दोइ ॥ हुकमे भवै भवाईऐ पिआरे अवगणि मुठी रोइ ॥ हुकमु सिञापै साह का पिआरे सचु मिलै वडिआई होइ ॥६॥ आखणि अउखा आखीऐ पिआरे किउ सुणीऐ सचु नाउ ॥ जिन्ही सो सालाहिआ पिआरे हउ तिन्ह बलिहारै जाउ ॥ नाउ मिलै संतोखीआं पिआरे नदरी मेलि मिलाउ ॥७॥ काइआ कागदु जे थीऐ पिआरे मनु मसवाणी धारि ॥ ललता लेखणि सच की पिआरे हरि गुण लिखहु वीचारि ॥ धनु लेखारी नानका पिआरे साचु लिखै उरि धारि ॥८॥३॥
अर्थ: जिन लोगों ने सतिगुरू का पल्ला पकड़ा है, हे सज्जन! उनके संगी-साथी भी पार लांघ जाते हैं। जिनकी जीभ परमात्मा का नाम-अमृत चखती है उनके (जीवन-यात्रा में विकार आदि की) रुकावटें नहीं पड़ती। हे सज्जन! जो लोग परमात्मा के डर-अदब से वंचित रहते हैं वे विकारों के भार से लादे जाते हैं और संसार समुंद्र में डूब जाते हैं। पर जब परमात्मा मेहर की निगाह करता है तो उनको भी पार लंघा लेता है।1। हे सज्जन प्रभू! सदा तुझे ही सलाहना चाहिए, हमेशा तेरी ही सिफत सालाह करनी चाहिए। (इस संसार-समुंद्र में से पार लांघने के लिए तेरी सिफत सालाह ही जीवों के लिए जहाज है, इस) जहाज के बिना भव-सागर में डूब जाते हैं। (कोई भी जीव समुंद्र का) दूसरा छोर ढूँढ नहीं सकता। रहाउ। हे सज्जन! सलाहने योग्य परमात्मा की सिफत सालाह करनी चाहिए, उस जैसा और कोई नहीं है। जो लोग प्यारे प्रभू की सिफत सालाह करते हैं वे भाग्यशाली हैं। गुरू के शबद में गहरी लगन रखने वाले व्यक्ति को परमात्मा का प्रेम रंग चढ़ता है। ऐसे आदमी की संगति अगर (किसी को) प्राप्त हो जाए तो वह हरी नाम का रस लेता है। और (नाम-दूध को) मथ के वह जगत के मूल प्रभू में मिल जाता है।2। हे भाई! सदा स्थिर रहने वाले प्रभू का नाम प्रभू-पति को मिलने के लिए (इस जीवन-सफर में) राहदारी है, ये नाम सदा-स्थिर रहने वाली मेहर है। (प्रभू का यही हुकम है कि) जगत में जो भी आया है उसने (प्रभू को मिलने के लिए, ये नाम-रूपी राहदारी) लिख के अपने साथ ले जानी है। हे भाई! प्रभू की इस आज्ञा को समझ (पर इस हुकम को समझने के लिए गुरू की शरण पड़ना पड़ेगा) गुरू के बिना प्रभू का हुकम समझा नहीं जा सकता। हे भाई! (जो मनुष्य गुरू की शरण पड़ के समझ लेता है, विकारों का मुकाबला करने के लिए उसको) सदा-स्थिर प्रभू का बल हासिल हो जाता है।3। हे भाई! जीव परमात्मा के हुकम अनुसार (पहले) माता के गर्भ में ठहरता है, और माँ के पेट में (दस महीने निवास रखता है)। उल्टे सिर भार रह के प्रभू के हुकम अनुसार ही (फिर) जनम लेता है। (किसी खास जीवन उद्देश्य के लिए ही जीव जगत में आता है) जो जीव गुरू की शरण पड़ कर जीवन-उद्देश्य को सँवार के यहाँ से जाता है वही परमात्मा की हजूरी में आदर पाता है।4। हे सज्जन! परमात्मा की रजा के अनुसार ही जीव जगत में आता है, रजा के अनुसार ही यहाँ से चला जाता है। जो मनुष्य अपने मन के पीछे चलता है (और माया के मोह में फस जाता है) उसे प्रभू की रजा के अनुसार ही बाँध के (भाव, जबरदस्ती) यहाँ से रवाना किया जाता है (क्योंकि मोह के कारण वह इस माया को छोड़ना नहीं चाहता)। परमात्मा की रजा के अनुसार ही जिसने गुरू के शबद के द्वारा (जीवन-उद्देश्य को) पहचान लिया है वह परमात्मा की हजूरी में आदर सहित जाता है।5। हे भाई! परमात्मा की रजा के अनुसार ही (कहीं) माया की सोच सोची जा रही है, प्रभू की रजा में ही कहीं अहंकार व कहीं द्वैत है। प्रभू की रजा के अनुसार ही (कहीं कोई माया की खातिर) भटक रहा है, (कहीं कोई) जनम-मरन के चक्कर में डाला जा रहा है, कहीं पाप की ठॅगी हुई दुनिया (अपने दुख) रो रही है। जिस मनुष्य को शाह-प्रभू की रजा की समझ आ जाती है, उसे सदा-स्थिर रहने वाला प्रभू मिल जाता है, उसकी (लोक-परलोक में) उपमा होती है।6। हे भाई! (जगत में माया का प्रभाव इतना है कि) परमात्मा का सदा-स्थिर रहने वाला नाम सिमरना बड़ा कठिन हो रहा है, ना ही प्रभू-नाम सुना जा रहा है (माया के प्रभाव तले जीव नाम नहीं सिमरते, नाम नहीं सुनते)। हे भाई! मैं उन लोगों से कुर्बान जाता हूँ जिन्होंने प्रभू की सिफत सालाह की है। (मेरी यही प्रार्थना है कि उन की संगति में) मुझे भी नाम मिले और मेरा जीवन संतोषी हो जाए, मेहर की नज़र वाले प्रभू के चरणों में मैं जुड़ा रहूँ।7। हे भाई! हमारा शरीर कागज बन जाए, यदि मन को स्याही की दवात बना लें, यदि हमारी जीभ प्रभू की सिफत सालाह बनने के लिए कलम बन जाए, तो हे भाई! (सौभाग्य इसी बात में है कि) परमात्मा के गुणों को अपने विचार-मण्डल में ला के (अपने अंदर) उकरते चलो। हे नानक! वह लिखारी धन्य है जो सदा-स्थिर प्रभू के नाम को हृदय में टिका के (अपने अंदर) उकर लेता है।8।3।
ਅੰਗ : 636
ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥
ਅਰਥ : ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥ ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ॥੧॥ ਰਹਾਉ ॥ ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥ ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ॥੩॥ ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ)। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੪॥ ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ)। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ॥੫॥ ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ॥੬॥ ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ)। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ॥੭॥ ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ ਜੀ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ॥੮॥੩॥
सोरठि महला ५ ॥ सूख मंगल कलिआण सहज धुनि प्रभ के चरण निहारिआ ॥ राखनहारै राखिओ बारिकु सतिगुरि तापु उतारिआ ॥१॥ उबरे सतिगुर की सरणाई ॥ जा की सेव न बिरथी जाई ॥ रहाउ ॥ घर महि सूख बाहरि फुनि सूखा प्रभ अपुने भए दइआला ॥ नानक बिघनु न लागै कोऊ मेरा प्रभु होआ किरपाला ॥२॥१२॥४०॥
( हे भाई! गुरु की शरण आ कर जिस मनुष ने) परमात्मा के चरणों का दर्शन कर लिया, उस के अंदर सुख खुशी आनंद और आत्मक अडोलता की लहर चल पड़ी। ( जो भी मनुष गुरु की शरण आ पड़ा) गुरु ने उस का ताप (दुःख-कलेश) खत्म कर दिया, रक्षा करने का समर्थय रखने वाले गुरु ने उस बालक को (विघ्नों से) बचा लिया (उस को इस प्रकार बचाया जैसे पिता अपने पुत्र की रक्षा करता है) ॥१॥ हे भाई! उस गुरु की शरण जो मनुख आते हैं (आत्मिक जीवन के रास्तेमें आने वाली रुकावटों से ) बच जाते हैं जिस गुरु कि की हुई सेवा खाली नहीं जाती (उस की शरण प्राप्त कर।)॥रहाउ॥ (हे भाई! जो मनुख गुरु की शरण आते हैं उन के) हृदय में आत्मिक आनंद बना रहता है, उस ऊपर प्रभू सदा दयावान रहता है। बाहर (दुनिया से बरत-विहार करते) भी उस को आत्मिक सुख मिलता रहता है, उस ऊपर परभू सदा दयावान रहता है। हे नानक! उस मनुख की जिंदगी के रास्ते में कोई रुकावट नहीं आती, उस ऊपर परमात्मा किरपाल हुआ रहता है॥२॥१२॥४०॥
ਅੰਗ : 619
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥
ਅਰਥ : (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ॥ ਰਹਾਉ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥੨॥੧੨॥੪੦॥