ਅੰਗ : 609-610
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਅਰਥ: ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ ॥੧॥ ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ ॥ ਰਹਾਉ ॥ ਹੇ ਭਾਈ! (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ। ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ। ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ ॥੨॥ (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ ॥੩॥ ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ ॥੪॥੫॥
ਅੰਗ : 633
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
ਅਰਥ: ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।
अंग : 633
सोरठि महला ९ ॥ रे नर इह साची जीअ धारि ॥ सगल जगतु है जैसे सुपना बिनसत लगत न बार ॥१॥ रहाउ ॥ बारू भीति बनाई रचि पचि रहत नही दिन चारि ॥ तैसे ही इह सुख माइआ के उरझिओ कहा गवार ॥१॥ अजहू समझि कछु बिगरिओ नाहिनि भजि ले नामु मुरारि ॥ कहु नानक निज मतु साधन कउ भाखिओ तोहि पुकारि ॥२॥८॥
अर्थ: हे मनुष्य! अपने हृदय में इस सत्य को धारण कर लो कि यह समूचा जगत एक स्वप्न जैसा है और इसका विनाश होने में कोई देरी नहीं लगती ॥१॥ रहाउ ॥ जैसे बनाई गई रेत की दीवार, पोतकर चार दिन भी नहीं रहती, वैसे ही यह माया के सुख हैं, हे गंवार मनुष्य! तू उन में क्यों फॅसा हुआ है ॥१॥ आज ही कुछ समझ ले चूंकि अभी भी कुछ बिगड़ा नहीं है और भगवान के नाम का भजन कर ले। नानक जी का कथन है कि हे मनुष्य! संतों का यही निजी उपदेश एवं युक्ति है जो तुझे पुकार कर बता दी है ॥२॥८॥
ਅੰਗ : 633
ਸੋਰਠਿ ਮਹਲਾ ੯ ॥
ਰੇ ਨਰ ਇਹ ਸਾਚੀ ਜੀਅ ਧਾਰਿ ॥ ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥੧॥ ਰਹਾਉ ॥ ਬਾਰੂ ਭੀਤਿ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥ ਤੈਸੇ ਹੀ ਇਹ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥੧॥ ਅਜਹੂ ਸਮਝਿ ਕਛੁ ਬਿਗਰਿਓ ਨਾਹਿਨਿ ਭਜਿ ਲੇ ਨਾਮੁ ਮੁਰਾਰਿ ॥ ਕਹੁ ਨਾਨਕ ਨਿਜ ਮਤੁ ਸਾਧਨ ਕਉ ਭਾਖਿਓ ਤੋਹਿ ਪੁਕਾਰਿ ॥੨॥੮॥
ਅਰਥ: ਹੇ ਮਨੁੱਖ! ਆਪਣੇ ਦਿਲ ਵਿਚ ਇਹ ਪੱਕੀ ਗੱਲ ਟਿਕਾ ਲੈ, (ਕਿ) ਸਾਰਾ* *ਸੰਸਾਰ ਸੁਪਨੇ ਵਰਗਾ ਹੈ, (ਇਸ ਦੇ) ਨਾਸ ਹੁੰਦਿਆਂ ਚਿਰ ਨਹੀਂ ਲੱਗਦਾ ॥੧॥ ਰਹਾਉ ॥ ਹੇ ਭਾਈ! (ਜਿਵੇਂ ਕਿਸੇ ਨੇ) ਰੇਤ ਦੀ ਕੰਧ ਉਸਾਰ ਕੇ ਪੋਚ ਕੇ ਤਿਆਰ ਕੀਤੀ ਹੋਵੇ; ਪਰ ਉਹ ਕੰਧ ਚਾਰ ਦਿਨ ਭੀ (ਟਿਕੀ) ਨਹੀਂ ਰਹਿੰਦੀ। ਇਸ ਮਾਇਆ ਦੇ ਸੁਖ ਭੀ ਉਸ (ਰੇਤ ਦੀ ਕੰਧ) ਵਰਗੇ ਹੀ ਹਨ। ਹੇ ਮੂਰਖ! ਤੂੰ ਇਹਨਾਂ ਸੁਖਾਂ ਵਿਚ ਕਿਉਂ ਮਸਤ ਹੋ ਰਿਹਾ ਹੈਂ? ॥੧॥ ਹੇ ਭਾਈ! ਅਜੇ ਭੀ ਸਮਝ ਜਾ (ਅਜੇ) ਕੁਝ ਵਿਗੜਿਆ ਨਹੀਂ; ਤੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਨਾਨਕ ਜੀ ਆਖਦੇ ਹਨ – (ਹੇ ਭਾਈ!) ਮੈਂ ਤੈਨੂੰ ਗੁਰਮੁਖਾਂ ਦਾ ਇਹ ਨਿਜੀ ਖ਼ਿਆਲ ਪੁਕਾਰ ਕੇ ਸੁਣਾ ਰਿਹਾ ਹਾਂ ॥੨॥੮॥
ਅੰਗ : 667
ਧਨਾਸਰੀ ਮਹਲਾ ੪ ॥*
*ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥
ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ।
ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧।
ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ) ।੨।
ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩।
ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।

