ਸੰਧਿਆ ਵੇਲੇ ਦਾ ਹੁਕਮਨਾਮਾ – 20 ਜੂਨ 2025
ਅੰਗ : 697
ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥
ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੧॥ ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ ॥ ਰਹਾਉ॥ ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ ॥੨॥
🙏🙏eh Akal Purakh Waheguru Jio Tusi Sab Kan Kan Wich Smay Ho Sab Aap Hi Karn Krawan Wale Sab Kush Aap Hi Ho Waheguru Ji🙏🙏