ਅਮ੍ਰਿਤ ਵੇਲੇ ਦਾ ਹੁਕਮਨਾਮਾ – 14 ਦਸੰਬਰ 2025
ਅੰਗ : 533
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥
ਅਰਥ: ਰਾਗ ਦੇਵਗੰਧਾਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ। ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਨਾਨਕ! ਆਖ-ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ।੨।੧।੨੭।


Waheguru Ji🙏
🙏🏻🌹🌷🌸🌼🌺Waheguru Ji🌺🌼🌸🌷🌹🙏🏻
Waheguru ji ka khalsa waheguru ji ki fateh