ਅਮ੍ਰਿਤ ਵੇਲੇ ਦਾ ਹੁਕਮਨਾਮਾ – 28 ਨਵੰਬਰ 2022
ਅੰਗ : 666
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥
ਅਰਥ : ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ॥ਰਹਾਉ॥ ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ ॥੨॥ (ਹੇ ਭਾਈ!) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ॥੩॥ ਨਾਨਕ ਜੀ ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ॥੪॥੧॥