ਅਮ੍ਰਿਤ ਵੇਲੇ ਦਾ ਹੁਕਮਨਾਮਾ – 4 ਮਈ 2024
ਅੰਗ : 737
ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥
ਅਰਥ: ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ॥੧॥ ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ॥੧॥ ਰਹਾਉ॥ (ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ॥੨॥
Waheguru Ji🙏