ਮਹਾਨ ਯੋਧਾ, ਉੱਚ ਕੋਟੀ ਦੇ ਕਵੀ ਤੇ ਦਾਰਸ਼ਨਿਕ ਸਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ ਦਸਵੇਂ ਗੁਰੂ ਸਨ। ਉਨ੍ਹਾਂ ਦਾ ਜਨਮ ਪਟਨਾ ਸਾਹਿਬ, ਬਿਹਾਰ ਵਿਖੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਤੇ ਮਾਤਾ ਗੁਜਰੀ ਜੀ ਦੇ ਘਰ ਹੋਇਆ। ਕੇਵਲ ਨੌਂ ਸਾਲ ਦੀ ਉਮਰ ਵਿੱਚ ਆਪ ਜੀ ਨੂੰ ਪਿਤਾ ਜੀ ਦੀ ਸ਼ਹਾਦਤ ਤੋਂ ਬਾਅਦ ਗੁਰਗੱਦੀ ਸੌਂਪ ਦਿੱਤੀ ਗਈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇੱਕ ਮਹਾਨ ਯੋਧਾ, ਉੱਚ ਕੋਟੀ ਦੇ ਕਵੀ ਤੇ ਦਾਰਸ਼ਨਿਕ ਸਨ।

ਆਪ ਜੀ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਧਰਮ ਤੇ ਸਮਾਜ ਦੀ ਰਾਖੀ ਲਈ ਖ਼ਾਲਸਾ ਪੰਥ ਦੀ ਸਿਰਜਨਾ ਕੀਤੀ। ਖਾਲਸਾ ਪੰਥ ਦੀ ਸਾਜਨਾ ਸਿੱਖ ਧਰਮ ਦੇ ਇਤਿਹਾਸ ਦੀਆਂ ਸਭ ਤੋਂ ਮਹੱਤਵਪੂਰਨ ਘਟਨਾਵਾਂ ਵਿੱਚੋਂ ਇੱਕ ਮੰਨੀ ਜਾਂਦੀ ਹੈ। ਉਨ੍ਹਾਂ ਨੇ ਜਾਤ-ਪਾਤ ਤੇ ਜਾਤ-ਪਾਤ ਦੇ ਭੇਦਭਾਵ ਨੂੰ ਖਤਮ ਕਰਕੇ ਬਰਾਬਰੀ ਦੀ ਸ਼ੁਰੂਆਤ ਕੀਤੀ।

ਆਪ ਜੀ ਨੇ 1708 ਈਸਵੀ ਵਿੱਚ ਆਪਣਾ ਨਾਸ਼ਵਰ ਸਰੀਰ ਛੱਡਣ ਤੋਂ ਪਹਿਲਾਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖ ਧਰਮ ਦੇ ਅਗਲੇ ਤੇ ਸਦੀਵੀ ਗੁਰੂ ਵਜੋਂ ਮਾਨਤਾ ਦਿੱਤੀ। ਆਪ ਜੀ ਦੇ ਚਾਰੇ ਪੁੱਤਰ ਧਰਮ ਤੇ ਸੱਚਾਈ ਦੀ ਖਾਤਰ ਮੁਗਲਾਂ ਨਾਲ ਜੂਝਦੇ ਹੋਏ ਸ਼ਹੀਦ ਹੋਏ। ਆਪ ਜੀ ਨੂੰ ਸਰਬੰਸ ਦਾਨੀ, ਸ਼ਾਹ-ਏ-ਸ਼ਹਿਨਸ਼ਾਹ, ਦਸਮੇਸ਼ ਪਿਤਾ ਜਾਂ ਦਸਮ ਪਿਤਾ, ਸੰਤ-ਸਿਪਾਹੀ, ਕਲਗੀਆਂ ਵਾਲਾ ਤੇ ਬਾਜਾਂ ਵਾਲਾ ਵਰਗੇ ਕਈ ਨਾਵਾਂ ਨਾਲ ਸਤਿਕਾਰਿਆ ਜਾਂਦਾ ਹੈ।

ਦਰਅਸਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਬਿਰ ਹਨ, ਜਿਨ੍ਹਾਂ ਦਾ ਜੀਵਨ ਅਦੁੱਤੀ ਹੈ, ਮਿਸਾਲੀ ਹੈ। ਗੁਰੂ ਸਾਹਿਬ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ। ਇਹ ਕੋਈ ਛੋਟੀ ਗੱਲ ਨਹੀਂ ਕਿ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ ਨਹੀਂ ਸਗੋਂ ਕਰਤਾ ਪੁਰਖ ਦਾ ਸ਼ੁਕਰਾਨਾ ਹੀ ਕੀਤਾ। ਆਪ ਦੀ ਕ੍ਰਾਂਤੀਕਾਰੀ ਸ਼ਖ਼ਸੀਅਤ ਨੂੰ ਇਤਿਹਾਸਕਾਰਾਂ ਨੇ ਆਪੋ-ਆਪਣੀ ਸਮਝ ਅਨੁਸਾਰ ਬਿਆਨ ਕੀਤਾ ਹੈ ਪਰ ਉਨ੍ਹਾਂ ਦੀ ਸ਼ਖ਼ਸੀਅਤ ਦੀ ਸੰਪੂਰਨ ਵਿਆਖਿਆ ਕਰਨੀ ਮਨੁੱਖੀ ਸਮਝ ਤੋਂ ਪਰ੍ਹੇ ਹੈ।

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦ੍ਰਿੜ੍ਹਤਾ, ਸਬਰ ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਤੇ ਧਰਮ ਦੇ ਉਭਾਰ ਵਾਲੀ ਹੈ। ਆਪ ਜੀ ਦੇ ਜੀਵਨ ਦਾ ਉਦੇਸ਼ ਹੀ ਧਰਮ ਦੀ ਸਥਾਪਨਾ, ਮਜ਼ਲੂਮਾਂ ਦੀ ਰਾਖੀ ਤੇ ਜਬਰ-ਜ਼ੁਲਮ ਦਾ ਡਟ ਕੇ ਟਾਕਰਾ ਕਰਨਾ ਸੀ। ਗੁਰੂ ਸਾਹਿਬ ਨੇ ਆਪਣੇ ਉਦੇਸ਼ ਨੂੰ ‘ਬਚਿਤ੍ਰ ਨਾਟਕ’ ਵਿੱਚ ਸਪਸ਼ਟ ਕੀਤਾ ਹੈ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਭਾਰਤੀ ਇਤਿਹਾਸ ਵਿਚ ਇੱਕ ਇਨਕਲਾਬ ਦਾ ਆਰੰਭ ਸੀ। ਉਸ ਸਮੇਂ ਸਮਾਜ ਵਿਚ ਮਨੁੱਖੀ ਆਜ਼ਾਦੀ ਨੂੰ ਕਾਇਮ ਰੱਖਣਾ ਅਸੰਭਵ ਜਾਪਦਾ ਸੀ। ਉਨ੍ਹਾਂ ਨੌਂ ਸਾਲ ਦੀ ਛੋਟੀ ਉਮਰ ਵਿਚ ਆਪਣੇ ਪਿਤਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਮਜ਼ਲੂਮਾਂ ਤੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇਣ ਲਈ ਤੋਰਿਆ। ਖਾਲਸਾ ਪੰਥ ਦੀ ਸਿਰਜਣਾ ਕੀਤੀ, ਜ਼ੁਲਮ ਵਿਰੁੱਧ ਅਨੇਕਾਂ ਧਰਮ ਯੁੱਧ ਲੜੇ ਤੇ ਮੁਰਦਾ ਹੋ ਚੁੱਕੀ ਲੋਕਾਈ ਵਿਚ ਨਵੀਂ ਰੂਹ ਫੂਕੀ।

ਗੁਰੂ ਸਾਹਿਬ ਨੇ ਲੋਕਾਂ ਵਿਚ ਹਿੰਮਤ ਤੇ ਦਲੇਰੀ ਭਰਨ ਲਈ ਸ੍ਰੀ ਆਨੰਦਪੁਰ ਸਾਹਿਬ ਦੀਆਂ ਪਹਾੜੀਆਂ ਵਿਚ ਰਣਜੀਤ ਨਗਾਰੇ ’ਤੇ ਚੋਟਾਂ ਲਗਵਾਈਆਂ, ਕੇਸਰੀ ਨਿਸ਼ਾਨ ਸਾਹਿਬ ਝੁਲਾਏ, ਘੋੜ-ਸਵਾਰੀ ਤੇ ਸ਼ਸਤਰ ਵਿੱਦਿਆ ਦਾ ਪ੍ਰਬੰਧ ਕੀਤਾ। ਇਸ ਦੇ ਨਾਲ ਹੀ ਗੁਰੂ ਜੀ ਨੇ ਲੋਕਾਂ ਅੰਦਰ ਬਹਾਦਰੀ ਪੈਦਾ ਕਰਨ ਲਈ ਬੀਰ-ਰਸੀ ਸਾਹਿਤ ਦੀ ਰਚਨਾ ਕੀਤੀ ਤੇ ਕਰਵਾਈ, ਜਿਸ ਨੇ ਅਜਿਹਾ ਕ੍ਰਿਸ਼ਮਾ ਦਿਖਾਇਆ ਕਿ ਗੁਰੂ ਕੇ ਸਿੱਖ ਸਵਾ-ਸਵਾ ਲੱਖ ਨਾਲ ਇਕੱਲੇ ਲੜ ਗਏ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਸਾਜਨਾ ਪੂਰੀ ਦੁਨੀਆ ਦੇ ਧਾਰਮਿਕ ਇਤਿਹਾਸ ਨੂੰ ਪ੍ਰਭਾਵਿਤ ਕਰਨ ਵਾਲੀ ਘਟਨਾ ਸੀ। ਇਸ ਘਟਨਾ ਨਾਲ ਸੰਨ 1699 ਦੀ ਵੈਸਾਖੀ ਦਾ ਦਿਨ ਦੁਨੀਆ ਦੇ ਇਤਿਹਾਸ ਅੰਦਰ ਨਿਵੇਕਲਾ ਅਧਿਆਏ ਸਿਰਜ ਗਿਆ। ਖਾਲਸਾ ਸਾਜ ਕੇ ਆਪ ਨੇ ਸਾਰੀਆਂ ਜਾਤਾਂ ਤੇ ਵਰਗਾਂ ਦੇ ਲੋਕਾਂ ਨੂੰ ਏਕਤਾ ਦੇ ਸੂਤਰ ਵਿਚ ਪਰੋ ਲੈਣ ਦਾ ਅਦੁੱਤੀ ਤੇ ਮਹਾਨ ਕਾਰਜ ਕੀਤਾ। ਉਨ੍ਹਾਂ ਪੰਜ ਪਿਆਰਿਆਂ ਵਿਚ ਭਿੰਨ-ਭਿੰਨ ਵਰਗਾਂ ਦੇ ਲੋਕਾਂ ਨੂੰ ਸ਼ਾਮਲ ਕਰ ਕੇ ਊਚ ਨੀਚ ਦਾ ਫ਼ਰਕ ਸਦਾ ਲਈ ਮਿਟਾ ਦਿੱਤਾ। ਏਨਾ ਹੀ ਨਹੀਂ, ਫਿਰ ਆਪ ਵੀ ਪੰਜ ਪਿਆਰਿਆਂ ਤੋਂ ਅੰਮ੍ਰਿਤ ਛਕਿਆ।

ਇਹ ਵੀ ਧਰਮਾਂ ਦੇ ਇਤਿਹਾਸ ਵਿਚ ਵਿਲੱਖਣ ਸੀ, ਕਿਉਂਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਉਦਾਹਰਣ ਨਹੀਂ ਸੀ ਮਿਲਦੀ ਕਿ ਕਿਸੇ ਗੁਰੂ ਨੇ ਆਪਣੇ ਚੇਲਿਆਂ ਨੂੰ ਆਪਣੇ ਤੋਂ ਉਪਰ ਦਾ ਦਰਜਾ ਜਾਂ ਮਾਣ ਦਿੱਤਾ ਹੋਵੇ। ਇਸੇ ਤਰ੍ਹਾਂ ਹੋਲਾ ਮਹੱਲਾ ਦਾ ਆਰੰਭ ਵੀ ਗੁਰੂ ਸਾਹਿਬ ਦੇ ਜੀਵਨ ਦਾ ਇਕ ਵਿਸ਼ੇਸ਼ ਕਾਰਨਾਮਾ ਹੈ ਜਿਸ ਨੇ ਸਿੱਖ ਕੌਮ ਨੂੰ ਸਵੈਮਾਣ, ਅਣਖ, ਦਲੇਰੀ, ਹਿੰਮਤ ਅਤੇ ਬੀਰਤਾ ਨਾਲ ਜੋੜਿਆ।

ਗੁਰੂ ਸਾਹਿਬ ਵੱਲੋਂ ਰਚੀ ਗਈ ਬਾਣੀ ਮਾਨਵਤਾ ਲਈ ਸੁਚੱਜੇ ਜੀਵਨ ਦੀ ਘਾੜਤ ਘੜਨ ਵਾਲੀ ਹੈ। ਆਪ ਨੇ ਆਪਣੀ ਬਾਣੀ ਵਿਚ ਪਾਖੰਡਵਾਦ ਅਤੇ ਕਰਮਕਾਡਾਂ ਦਾ ਖੰਡਨ ਕੀਤਾ ਅਤੇ ਲੋਕਾਈ ਨੂੰ ਉੱਤਮ ਜੀਵਨ ਦੇ ਧਾਰਨੀ ਹੋਣ ਦੀ ਪ੍ਰੇਰਨਾ ਕੀਤੀ। ਆਪ ਨੇ ਉਪਦੇਸ਼ ਕੀਤਾ ਕਿ ਮੂਰਤੀ-ਪੂਜਾ, ਬੁੱਤ-ਪੂਜਾ, ਤੀਰਥ ਯਾਤਰਾ ਜਾਂ ਸਮਾਧੀਆਂ ਨਾਲ ਅਕਾਲ-ਪੁਰਖ ਦੀ ਪ੍ਰਾਪਤੀ ਨਹੀਂ ਹੋ ਸਕਦੀ। ਜੀਵਨ ਅਹਿਮ ਹੈ ਤੇ ਇਸ ਨੂੰ ਵਿਅਰਥ ਦੇ ਕਰਮਕਾਡਾਂ ਤੇ ਭਰਮ ਭੁਲੇਖਿਆਂ ਵਿਚ ਪੈ ਕੇ ਬਰਬਾਦ ਕਰਨ ਦਾ ਕੋਈ ਲਾਭ ਨਹੀਂ। ਗੁਰੂ ਸਾਹਿਬ ਜੀ ਦਾ ਫੁਰਮਾਣ ਹੈ: ਕਹਾ ਭਯੋ ਜੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ॥ ਨ੍ਹਾਤ ਫਿਰਿਓ ਲੀਏ ਸਾਤ ਸਮੁੰਦ੍ਰਨਿ ਲੋਕ ਗਯੋ ਪਰਲੋਕ ਗਵਾਇਓ॥ ਬਾਸ ਕੀਓ ਬਿਖਿਆਨ ਸੋ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ॥ ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ॥

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਨੂੰ ਸੁਖੀ ਵੇਖਣ ਦੀ ਲੋਚਾ ਨਾਲ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ। ਆਪ ਜੀ ਨੇ ਚਮਕੌਰ ਦੀ ਜੰਗ ਅੰਦਰ ਆਪਣੇ ਵੱਡੇ ਸਾਹਿਬਜ਼ਾਦਿਆਂ ਨੂੰ ਆਪਣੇ ਹੱਥੀਂ ਤਿਆਰ ਕਰ ਸ਼ਹਾਦਤਾਂ ਲਈ ਤੋਰਿਆ। ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਪਿੱਛੋਂ ਵੀ ਆਪ ਨੇ ਪਰਮਾਤਮਾ ਦਾ ਸ਼ੁਕਰ ਅਦਾ ਕੀਤਾ।

ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸਾਰਾ ਜੀਵਨ ਹੀ ਮਨੁੱਖਤਾ ਦੀ ਭਲਾਈ ਲਈ ਜੀਵਿਆ। ਉਨ੍ਹਾਂ ਨੇ ਮਨੁੱਖਤਾ ਨੂੰ ਅਗਿਆਨਤਾ ਰੂਪੀ ਹਨੇਰੇ ਵਿੱਚੋਂ ਬਾਹਰ ਕੱਢ ਕੇ ਜੀਵਨ ਦੀ ਅਸਲ ਸਚਾਈ ਦੇ ਰੂਬਰੂ ਕੀਤਾ। ਜੇਕਰ ਅੱਜ ਅਸੀਂ ਸੁਖੀ ਜੀਵਨ ਜੀਅ ਰਹੇ ਹਾਂ ਤਾਂ ਇਹ ਗੁਰੂ ਸਾਹਿਬ ਜੀ ਦੀ ਬਦੌਲਤ ਹੀ ਹੈ। ਆਪ ਜੀ ਦੇ ਪ੍ਰਕਾਸ਼ ਪੁਰਬ ’ਤੇ ਸਾਡਾ ਫ਼ਰਜ਼ ਹੈ ਕਿ ਜਿੱਥੇ ਅਸੀਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨਾ ਹੈ, ਉੱਥੇ ਉਨ੍ਹਾਂ ਦੇ ਦਰਸਾਏ ਮਾਰਗ ਦੇ ਪਾਂਧੀ ਵੀ ਬਣਨਾ ਹੈ। ਅਸੀਂ ਦੁਨੀਆਂ ਦੇ ਭਾਈਚਾਰੇ ਵਿਚ ਸਰਬ-ਸਾਂਝੀਵਾਲਤਾ ਦੇ ਪੈਗ਼ਾਮ ਨੂੰ ਤਦ ਹੀ ਲੈ ਜਾ ਸਕਾਂਗੇ ਜੇਕਰ ਅਸੀਂ ਦੁਨੀਆਂ ਦੇ ਹਰ ਖੇਤਰ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਏ ਪੂਰਨਿਆਂ ’ਤੇ ਚੱਲਦੇ ਹੋਏ ਕਥਨੀ ਤੇ ਕਰਨੀ ਦੇ ਸੂਰੇ ਬਣਾਂਗੇ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਅੰਤਿਮ ਦਿਨ ਨੰਦੇੜ ਵਿਖੇ ਬਿਤਾਏ। ਆਪਣੇ ਅਕਾਲ ਚਲਾਣੇ ਦਾ ਸਮਾਂ ਨੇੜੇ ਆਉਂਦਾ ਦੇਖ ਕੇ ਗੁਰੂ ਜੀ ਨੇ ਹੁਕਮ ਕੀਤਾ ਕਿ ਹੁਣ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਹੀ ਖਾਲਸਾ ਗੁਰੂ ਹਨ ਤੇ ਉਨ੍ਹਾਂ ਦੇ ਬਚਨਾਂ ਦੀ ਪਾਲਣਾ ਕੀਤੀ ਜਾਵੇ। ਸ਼੍ਰੀ ਗੁਰੂ ਗ੍ਰੰਥ ਸਾਹਿਬ ਹੀ ਹਰ ਕਿਸੇ ਨੂੰ ਪਰਮਾਤਮਾ ਨਾਲ ਜੋੜਨਗੇ। ਆਪ ਜੀ ਅਕਤੂਬਰ 1708 ਈ: ਨੂੰ ਜੋਤੀ ਜੋਤ ਸਮਾ ਗਏ।


Related Posts

Leave a Reply

Your email address will not be published. Required fields are marked *

Begin typing your search term above and press enter to search. Press ESC to cancel.

Back To Top